ਜਲੰਧਰ, 23 ਨਵੰਬਰ
ਇੱਥੇ ਅੱਜ ਦਿੱਲੀ-ਜੰਮੂ ਨੈਸ਼ਨਲ ਸੜਕ ਹਾਈਵੇਅ ਜਾਮ ਕਰਨ ਮਗਰੋਂ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲ ਮਾਰਗ ਵੀ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦਾ ਭਾਅ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਅੱਜ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ। ਕਿਸਾਨਾਂ ਵੱਲੋਂ ਰੇਲਵੇ ਟਰੈਕ ਬੰਦ ਕਰਨ ਮਗਰੋਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਸ਼ਤਾਬਦੀ ਐਕਸਪ੍ਰੈੱਸ ਨੂੰ ਫਗਵਾੜਾ ਵਿੱਚ ਰੋਕ ਦਿੱਤਾ। ਕਿਸਾਨਾਂ ਦਾ ਪ੍ਰਦਰਸ਼ਨ ਜਲੰਧਰ ਕੈਂਟ ਸਟੇਸ਼ਨ ਨੇੜੇ ਹੋਣ ਕਾਰਨ ਅਮਰਪਾਲੀ ਐਕਸਪ੍ਰੈੱਸ ਨੂੰ ਜਲੰਧਰ ਸਿਟੀ ਸਟੇਸ਼ਨ ’ਤੇ ਰੋਕ ਦਿੱਤਾ ਗਿਆ, ਮਗਰੋਂ ਰੇਲ ਨੂੰ ਲੋਹੀਆਂ ਖਾਸ ਰੂਟ ਤੋਂ ਮੋੜ ਦਿੱਤਾ ਗਿਆ। ਰੇਲਵੇ ਵਿਭਾਗ ਮੁਤਾਬਕ ਇਸ ਟਰੈਕ ’ਤੇ ਹਰ 24 ਘੰਟਿਆਂ ਵਿੱਚ 120 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਣ ਦੇ ਆਸਾਰ ਹਨ। ਇਸੇ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ। ਜਲੰਧਰ ਅਤੇ ਜਲੰਧਰ ਕੈਂਟ ਰੇਲਵੇ ਸਟੇਸ਼ਨਾਂ ਵਾਲੇ ਯਾਤਰੀਆਂ ਨੂੰ ਹੁਣ ਫਗਵਾੜਾ ਜਾਂ ਲੁਧਿਆਣਾ ਰੇਲਵੇ ਸਟੇਸ਼ਨਾਂ ’ਤੇ ਜਾਣਾ ਪਵੇਗਾ। ਕਿਸਾਨਾਂ ਦੇ ਧਰਨੇ ਮਗਰੋਂ ਰੇਲਵੇ ਵਿਭਾਗ ਵੱਲੋਂ 69 ਰੇਲਾਂ ਦੇ ਰੂਟ ਤਬਦੀਲ ਕੀਤੇ ਗਏ ਅਤੇ 54 ਰੇਲਾਂ ਨੂੰ ਰੱਦ ਕੀਤਾ ਗਿਆ ਹੈ।